ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ ਲੌਕਡਾਉਨ 3.0 ਵਿੱਚੋਂ ਬਾਹਰ ਆਉਣ ਲਈ ਰਣਨੀਤੀ ਤਿਆਰ ਕਰਨ ਦੀ ਅਪੀਲ ਕੀਤੀ ਹੈ। ਕੈਪਟਨ ਨੇ ਕਿਹਾ, ” ਤਾਲਾਬੰਦੀ ਤੋਂ ਬਾਹਰ ਨਿਕਲਣ ਦੀ ਰਣਨੀਤੀ ਜਿਸ ਵਿੱਚ ਕੋਵਿਡ-19 ਦੇ ਫੈਲਣ ਨੂੰ ਰੋਕਣ ਲਈ ਪੈਮਾਨਾ ਤੈਅ ਕਰਨਾ ਸ਼ਾਮਲ ਹੈ, ਆਰਥਿਕਤਾ ਨੂੰ ਵੀ ਮੁੜ ਸੁਰਜੀਤੀ ਦੇ ਰਸਤੇ ਲਿਆ ਸਕਦੀ ਹੈ। ਇਸ ਰਣਨੀਤੀ ਨੂੰ ਰਾਜਾਂ ਦੇ ਵਿੱਤੀ ਤੇ ਆਰਥਿਕ ਸਸ਼ਕਤੀਕਰਨ ਲਈ ਵਿਚਾਰਿਆ ਤੇ ਕੇਂਦ੍ਰਿਤ ਕੀਤਾ ਜਾਣਾ ਚਾਹੀਦਾ ਹੈ। ”
ਮੁੱਖ ਮੰਤਰੀ ਨੇ ਚਿੱਠੀ ਰਾਹੀਂ ਮੋਦੀ ਨੂੰ ਦੇਸ਼ ਦੀ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਲਈ ਰਣਨੀਤੀ ਨੂੰ ਸਪੱਸ਼ਟ ਰੂਪ ਵਿੱਚ ਦੱਸਣ ਲਈ ਵੀ ਕਿਹਾ ਹੈ। ਇਸ ਮੌਕੇ ਕੈਪਟਨ ਨੇ ਰਾਜਾਂ ਨੂੰ ਪੇਸ਼ ਕੀਤੇ ਜਾ ਰਹੇ ਮਾਲੀਏ ਦੇ ਘਾਟੇ ਨੂੰ ਪੂਰਾ ਕਰਨ ਲਈ ਤਿੰਨ ਮਹੀਨਿਆਂ ਲਈ ਮਾਲੀਆ ਗ੍ਰਾਂਟ ਦੇਣ ਦੀ ਆਪਣੀ ਮੰਗ ਨੂੰ ਵੀ ਦੁਹਰਾਇਆ ਹੈ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਿਹਾ ਕਿ ਉਹ 15ਵੇਂ ਵਿੱਤ ਕਮਿਸ਼ਨ ਰਾਹੀਂ ਮੌਜੂਦਾ ਸਾਲ ਦੀ ਆਪਣੀ ਰਿਪੋਰਟ ‘ਤੇ ਨਜ਼ਰਸਾਨੀ ਕਰਨ ਲਈ ਕੇਂਦਰ ਸਰਕਾਰ ਨੂੰ ਨਿਰਦੇਸ਼ ਦੇਣ ਕਿਉਂਕਿ ਕੋਵਿਡ-19 ਦੇ ਕਾਰਨ ਸਥਿਤੀ ਪੂਰੀ ਤਰ੍ਹਾਂ ਬਦਲ ਗਈ ਹੈ।
ਉਨ੍ਹਾਂ ਕਿਹਾ ਕਿ 15ਵੇਂ ਵਿੱਤ ਕਮਿਸ਼ਨ ਨੂੰ ਕੋਵਿਡ-19 ਦੇ ਪ੍ਰਭਾਵਾਂ ਦੇ ਵਿਸ਼ਲੇਸ਼ਣ ਤੋਂ ਬਾਅਦ 2020 ਦੀ ਬਜਾਏ 1 ਅਪ੍ਰੈਲ 2021 ਤੋਂ ਪੰਜ ਸਾਲਾਂ ਲਈ ਫੰਡ ਦੀ ਵੰਡ ਕਰਨੀ ਚਾਹੀਦੀ ਹੈ। ਕੈਪਟਨ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਵੱਖ-ਵੱਖ ਮੰਤਰਾਲਿਆਂ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ” ਕੋਰੋਨਾਵਾਇਰਸ ਅਤੇ ਲੌਕਡਾਉਨ ਕਾਰਨ ਗਰੀਬ ਵਰਗ ਸਭ ਤੋਂ ਵੱਧ ਪ੍ਰਭਾਵਤ ਹੋਇਆ ਹੈ। ਉਨ੍ਹਾਂ ਦੇ ਸਮਾਜਿਕ ਤੇ ਆਰਥਿਕ ਜੀਵਨ ਤੇ ਬਹੁਤ ਮਾੜੇ ਪ੍ਰਭਾਵ ਪਿਆ ਹੈ। ” ਕੈਪਟਨ ਅਮਰਿੰਦਰ ਨੇ ਚਿੱਠੀ ਰਾਹੀਂ ਮੋਦੀ ਨੂੰ ਦੱਸਿਆ ਕਿ ਅਪ੍ਰੈਲ 2020 ਦੌਰਾਨ ਪੰਜਾਬ ਦੀ ਆਮਦਨ ਘੱਟ ਕੇ 88 ਪ੍ਰਤੀਸ਼ਤ ਹੋ ਗਈ ਹੈ।
ਪੰਜਾਬ ਖੋਲ੍ਹਣ ਦੀ ਤਿਆਰੀ! ਕੈਪਟਨ ਨੇ ਮੋਦੀ ਨੂੰ ਲਿਖੀ ਚਿੱਠੀ
