ਬਿਜਲੀ ਬਿੱਲਾਂ ਨੂੰ ਲੈ ਕੇ ਕੈਪਟਨ ਨੇ ਦਿੱਤੀ ਵੱਡੀ ਖੁਸ਼ਖਬਰੀ

ਪੰਜਾਬ ਦੇ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਮੁਫ਼ਤ ਬਿਜਲੀ ਦੀ ਸਹੂਲਤ ਵਾਪਸ ਲੈਣ ਦੇ ਦੋਸ਼ਾਂ ਨੂੰ ਮੁੱਢੋਂ ਹੀ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੇਂਦਰ ਵੱਲੋਂ ਪੇਸ਼ ਕੀਤੇ ਵਿੱਤੀ ਘਾਟੇ ਦੇ ਵਾਧੇ ਦੇ ਹਿੱਸੇ ਨੂੰ ਛੱਡਣ ਲਈ ਤਿਆਰ ਹੈ ਪਰ ਕਿਸੇ ਵੀ ਕੀਮਤ ‘ਤੇ ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕਰੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀ ਸਰਕਾਰ ਸੱਤਾ ‘ਚ ਹੈ, ਕਿਸਾਨਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਮਿਲਦੀ ਰਹੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿੱਤੀ ਘਾਟੇ ਨੂੰ ਪੂਰਾ ਕਰਨ ਲਈ ਕਰਜ਼ਾ ਲਵੇਗੀ ਅਤੇ ਭਾਰਤ ਸਰਕਾਰ ਸੂਬਾ ਸਰਕਾਰ ਉਤੇ ਅਧਿਕਾਰਤ ਕਰਜ਼ਾ ਲੈਣ ਲਈ ਸ਼ਰਤਾਂ ਥੋਪ ਨਹੀਂ ਸਕਦੀ। ਕੇਂਦਰ ਵੱਲੋਂ ਮੁਫ਼ਤ ਬਿਜਲੀ ਦੇ ਬਦਲ ਵਜੋਂ ਕਿਸਾਨਾਂ ਨੂੰ ਡੀ.ਬੀ.ਟੀ. ਰਾਹੀਂ ਫਾਇਦਾ ਦੇਣ ਦੇ ਸੁਝਾਅ ਨੂੰ ਸਿਰੇ ਤੋਂ ਖਾਰਜ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੂੰ ਉਹ ਬਿਲਕੁਲ ਵੀ ਨਹੀਂ ਸਹਿਣਗੇ ਅਤੇ ਇਹ ਸਿੱਧੇ ਤੌਰ ‘ਤੇ ਦੇਸ਼ ਦੇ ਸੰਘੀ ਢਾਂਚੇ ਉਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਉਹ ਇਹ ਮਾਮਲਾ ਕੇਂਦਰ ਕੋਲ ਚੁੱਕਣਗੇ ਕਿ ਕੋਵਿਡ ਮਹਾਮਾਰੀ ਦੇ ਚੱਲਦਿਆਂ ਵਿੱਤੀ ਸਹਾਇਤਾ ਵਧਾਉਣ ਦੀ ਆੜ ਵਿੱਚ ਵਿੱਤੀ ਘਾਟਾ ਝੱਲ ਰਹੇ ਸੂਬੇ ਵਿੱਚ ਕਿਸਾਨ ਵਿਰੋਧੀ ਸ਼ਰਤ ਲਾਗੂ ਨਹੀਂ ਕਰ ਸਕਦੇ।

WhatsApp Group (Join Now) Join Now

ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉਤੇ ਵਰ੍ਹਦਿਆਂ ਕਿਹਾ ਕਿ ਉਹ ਕੇਂਦਰ ਸਰਕਾਰ ਦੇ ਦੁਸ਼ਕਰਮਾਂ ਦਾ ਦੋਸ਼ ਸੂਬਾ ਸਰਕਾਰ ਉਤੇ ਨਾ ਮੜਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮਾਰਚ 2017 ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ ਕਿਸਾਨਾਂ ਨੂੰ ਨਿਰਵਿਘਨ ਮੁਫਤ ਬਿਜਲੀ ਦੀ ਸਹੂਲਤ ਦੇ ਰਹੀ ਹੈ, ਭਾਵੇਂ ਕਿ ਅਕਾਲੀ-ਭਾਜਪਾ ਦੇ 10 ਸਾਲ ਦੇ ਕੁਸ਼ਾਸਨ ਦੇ ਚੱਲਦਿਆਂ ਸੂਬਾ ਬੁਰੀ ਤਰ੍ਹਾਂ ਵਿੱਤੀ ਸੰਕਟਾਂ ਵਿੱਚ ਘਿਰਿਆ ਹੋਇਆ ਹੈ। ਅਕਾਲੀਆਂ ਵੱਲੋਂ ਲਾਏ ਗਏ ਦੋ ਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਜਾਂ ਸੰਸਦ ਵਿੱਚ ਕਿਸਾਨਾਂ ਸਮੇਤ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੇ ਹੱਕਾਂ ਲਈ ਆਵਾਜ਼ ਨਾ ਉਠਾਉਣ ‘ਤੇ ਅਕਾਲੀ ਲੀਡਰਸ਼ਿਪ ਦੀ ਸਖ਼ਤ ਅਲੋਚਨਾ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਭਲੇ ਦੀ ਗੱਲ ਕਰਨ ਵੇਲੇ ਅਕਾਲੀ ਚੁੱਪ ਨਹੀਂ ਤੋੜਦੇ ਜਦੋਂ ਕਿ ਕੌਮੀ ਸਰੋਕਾਰ ਦੇ ਗੰਭੀਰ ਮੁੱਦਿਆਂ ‘ਤੇ ਵੀ ਘਟੀਆ ਅਤੇ ਸ਼ਰਮਨਾਕ ਸਿਆਸਤ ਖੇਡਣ ਤੋਂ ਬਾਜ਼ ਨਹੀਂ ਆਉਂਦੇ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਮੁਫਤ ਬਿਜਲੀ ਦੀ ਵਾਪਸ ਲੈਣ ਲਈ ਨਿਰਦੇਸ਼ ਦਿੱਤੇ ਜਾ ਰਹੇ ਹਨ ਜਦੋਂ ਕਿ ਕੋਵਿਡ ਅਤੇ ਲੌਕਡਾਊਨ ਵਿੱਚ ਸੂਬੇ ਅਤੇ ਇਥੋਂ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਰਾਹਤ ਦੇਣ ਵਿੱਚ ਕੇਂਦਰ ਸਰਕਾਰ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਸੁਖਬੀਰ ਨੂੰ ਆਖਿਆ ਕਿ ਕੇਂਦਰ ਵਿੱਚ ਉਹ ਭਾਈਵਾਲ ਹੋਣ ਦੇ ਨਾਤੇ ਪਹਿਲਾ ਉਹ ਅਕਾਲੀ ਦਲ ਦਾ ਐਨ.ਡੀ.ਏ. ਨਾਲੋਂ ਨਾਤਾ ਤੋੜਨ। ਉਨ੍ਹਾਂ ਕੇਂਦਰੀ ਮੰਤਰੀ ਅਤੇ ਅਕਾਲੀ ਆਗੂ ਹਰਿਸਮਰਤ ਕੌਰ ਬਾਦਲ ਦੇ ਕੇਂਦਰੀ ਕੈਬਨਿਟ ਵਿੱਚੋਂ ਅਸਤੀਫੇ ਦੀ ਵੀ ਮੰਗ ਕੀਤੀ।

Leave a Reply

Your email address will not be published. Required fields are marked *