ਖੇਤੀ ਬਿੱਲਾਂ ਦਾ ਪੰਜਾਬ ਦੇ ਕਿਸਾਨਾਂ ਵਲੋਂ ਵਿਰੋਧ ਲਗਾਤਾਰ ਜਾਰੀ ਹੈ। ਲਗਾਤਾਰ ਪੰਜਾਬ ਦੇ ਕਿਸਾਨ ਰੋਸ ਪ੍ਰਦਰਸ਼ਨ ਕਰ ਰਹੇ ਹਨ। ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਵਿੱਚ ਕਿਸਾਨਾਂ ਵਲੋਂ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ। ਬਰਨਾਲਾ ਦੇ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਵਲੋਂ ਬਠਿੰਡਾ-ਅੰਬਾਲਾ ਰੇਲਵੇ ਮਾਰਗ ਜਾਮ ਕਰਕੇ ਤਿੰਨ ਦਿਨ-ਰਾਤ ਦਾ ਧਰਨਾ ਸ਼ੁਰੂ ਕਰ ਦਿੱਤਾ ਗਿਆ। ਕਿਸਾਨਾਂ ਵਲੋਂ ਟੈਂਟ ਲਗਾ ਕੇ ਤਿੰਨ ਦਿਨਾਂ ਦੇ ਪੱਕੇ ਪ੍ਰਬੰਧਾਂ ਤਹਿਤ ਇਹ ਧਰਨਾ ਲਗਾਇਆ ਗਿਆ ਹੈ। ਪਹਿਲੇ ਦਿਨ ਵੱਡੀ ਗਿਣਤੀ ’ਚ ਕਿਸਾਨ, ਨੌਜਵਾਨ ਅਤੇ ਔਰਤਾਂ ਇਸ ਧਰਨੇ ਵਿੱਚ ਸ਼ਾਮਲ ਹੋਈਆਂ ਹਨ।ਬਰਨਾਲਾ ਵਿਚ ਕਿਸਾਨਾਂ ਨੇ ਰੇਲਵੇ ਸਟੇਸ਼ਨ ਉਤੇ ਧਰਨਾ ਦੇਣ ਮੌਕੇ – ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਬਲੌਰ ਸਿੰਘ ਛੰਨਾ, ਰੂਪ ਸਿੰਘ, ਕਿਸ਼ਨ ਸਿੰਘ, ਦਰਸ਼ਨ ਸਿੰਘ, ਜਰਨੈਨ ਸਿੰਘ ਬਦਰਾ ਅਤੇ ਕਮਲਜੀਤ ਕੌਰ ਨੇ ਕਿਹਾ ਕਿ ਖੇਤੀ ਬਿੱਲ ਕਿਸਾਨਾਂ ਦੀ ਮੌਤ ਦੇ ਵਾਰੰਟ ਹਨ। ਜਿਸ ਕਰਕੇ ਪੰਜਾਬ ਦੇ ਕਿਸਾਨ ਪਹਿਲੇ ਦਿਨ ਤੋਂ ਇਹਨਾਂ ਬਿੱਲਾਂ ਦਾ ਵਿਰੋਧ ਕਰ ਰਹੇ ਹਨ। ਕੇਂਦਰ ਸਰਕਾਰ ਵਲੋਂ ਭਾਵੇਂ ਇਹ ਬਿੱਲ ਸੰਸਦ ਵਿੱਚ ਪਾਸ ਕਰ ਦਿੱਤੇ ਗਏ ਹਨ, ਪਰ ਇਹਨਾਂ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਇਹਨਾਂ ਬਿੱਲਾਂ ਦੇ ਵਿਰੋਧ ’ਚ 7 ਦਿਨ ਪਿੰਡ ਬਾਦਲ ਅਤੇ ਪਟਿਆਲਾ ਵਿਖੇ ਮੋਰਚੇ ਲਗਾਏ ਗਏ ਹਨ।
ਖੇਤੀ ਬਿੱਲਾਂ ਵਿਰੁੱਧ ਡਟੇ ਕਿਸਾਨਾਂ ਨੇ ਇਸ ਜਗ੍ਹਾ ਕਰ ਦਿੱਤਾ ਚੱਕਾ ਜਾਮ
