ਦੇਸ਼ ਪੱਧਰ ‘ਤੇ ਕਰੀਬ 250 ਕਿਸਾਨ ਜਥੇਬੰਦੀਆਂ ਦੀ ਸਾਂਝੀ ‘ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ‘ ‘ਚ ਸ਼ਾਮਿਲ ਪੰਜਾਬ ਦੀਆਂ 10 ਕਿਸਾਨ ਜਥੇਬੰਦੀਆਂ ਨੇ 25 ਸਤੰਬਰ ਨੁੂੰ ਪੂਰਾ ‘ਪੰਜਾਬ-ਬੰਦ‘ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆ ਨੇ ਐਲਾਨ ਕੀਤਾ ਕਿ 25 ਸਤੰਬਰ ਨੂੰ ਪੰਜਾਬ ਭਰ ‘ਚ ਕਾਰੋਬਾਰ ਤੇ ਸੜਕੀ , ਰੇਲ ਆਵਾਜਾਈ ਮੁਕੰਮਲ ਬੰਦ ਕੀਤੀ ਜਾਵੇਗੀ। ਬੰਦ ਨੁੂੰ ਕਾਮਯਾਬ ਕਰਨ ਲਈ ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ 19 ਸਤੰਬਰ ਨੂੰ ਮੋਗਾ ਵਿੱਚ ਬੁਲਾਈ ਗਈ ਹੈ ਤਾਂ ਜੋ ਪੂਰੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੁੂੰ ਇੱਕ ਮੰਚ ਤੇ ਲਿਆ ਕੇ ਕਿਸਾਨ ਅੰਦੋਲਨ ਨੂੰ ਇਕਮੁੱਠ ਤੇ ਤੇਜ਼ ਕੀਤਾ ਜਾ ਸਕੇ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਖੇਤੀ-ਬਿਲ ਤੇ ਬਿਜਲੀ ਸੋਧ ਕਾਨੂੰਨ 2020 ਨੁੂੰ ਪਾਸ ਕਰਨ ਲਈ ਬਜ਼ਿੱਦ ਹੈ, ਜਿਸ ਨਾਲ ਸਮੁੱਚੇ ਮੁਲਕ ਦਾ ਕਿਸਾਨ ਮਜ਼ਦੂਰ ਤੇ ਗਾਹਕ ਖਤਮ ਹੋਵੇਗਾ। ਇਹ ਖੇਤੀ ਬਿਲ ਜਿੱਥੇ ਕਿਸਾਨਾਂ ਸਮੇਤ ਹੋਰ ਵਰਗਾਂ ਨੁੂੰ ਤਬਾਹ ਕਰੇਗਾ ਓਥੇ ਹੀ ਸੂਬਿਆਂ ਦੇ ਅਧਿਕਾਰਾਂ ਨੂੰ ਵੀ ਖਤਮ ਕਰੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਦੁਨੀਆਂ ਭਰ ‘ਚ ਤੇਲ ਕੀਮਤਾਂ ਡਿੱਗਣ ਦੇ ਬਾਵਜੂਦ ਮੋਦੀ ਸਰਕਾਰ ਤੇਲ ਕੀਮਤਾਂ ਵਧਾ ਰਹੀ ਹੈ। ਆਗੂਆਂ ਕਿਹਾ ਕਿ ਜਦੋਂ ਤੱਕ ਇਹ ਤਬਾਹਕੂੰਨ ਕਾਨੂੰਨ ਖਤਮ ਤੇ ਤੇਲ ਕੀਤੀਆਂ ਘੱਟ ਨਹੀਂ ਹੁੰਦੀਆਂ, ਓੁਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਦੱਸ ਦਈਏ ਕਿ ਜਮਹੂਰੀ ਕਿਸਾਨ ਸਭਾ ਦੇ ਜਨਰਲ ਸਕੱਤਰ ਕੁਲਵੰਤ ਸੰਧੂ ਦੀ ਪ੍ਰਧਾਨਗੀ ‘ਚ ਹੋਈ ਮੀਟਿੰਗ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਜਨਰਲ ਸਕੱਤਰ ਜਗਮੋਹਨ ਪਟਿਆਲਾ,ਸੀਨੀਅਰ ਮੀਤ ਪ੍ਰਧਾਨ ਮਨਜੀਤ ਧਨੇਰ,ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾਕਟਰ ਦਰਸ਼ਨਪਾਲ, ਜਨਰਲ ਸਕੱਤਰ ਗੁਰਮੀਤ ਮਹਿਮਾ, ਪੰਜਾਬ ਕਿਸਾਨ ਸਭਾ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਕੁੱਲ ਹਿੰਦ ਕਿਸਾਨ ਸਭਾ ਦੇ ਸੂਰਤ ਸਿੰਘ, ਕਿਸਾਨ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਹਰਜੀਤ ਰਵੀ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਹਰਜਿੰਦਰ ਸਿੰਘ ਟਾਂਡਾ, ਜੈ ਕਿਸਾਨ ਅੰਦੋਲਨ, ਪੰਜਾਬ ਕਿਸਾਨ ਸਭਾ ਸਾਂਬਰ, ਕੁੱਲ ਹਿੰਦ ਕਿਸਾਨ ਸਭਾ ਪੁੰਨਾਵਾਲ ਦੇ ਆਗੂ ਸ਼ਾਮਿਲ ਹੋਏ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।