ਧੰਨ ਧੰਨ ਬਾਬਾ ਬੁੱਢਾ ਜੀ ਦਾ ਸਾਲਾਨਾ ਜੋੜ ਮੇਲਾ ਇਸ ਵਾਰ 5-8 ਅਕਤੂਬਰ 2020 ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ | ਸੰਗਤਾਂ ਨੂੰ ਬੇਨਤੀ ਹੈ ਕਿ ਕੋਰੋਨਾ ਨੂੰ ਧਿਆਨ ਵਿੱਚ ਰੱਖਦੇ ਹੋਏ ਤੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਦਰਸ਼ਨ ਕਰਨ |ਪੂਰਨ ਗੁਰਸਿੱਖ ਬਾਬਾ ਬੁੱਢਾ ਜੀ ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।ਮਾਪਿਆਂ ਨੇ ਉਹਨਾਂ ਦਾ ਨਾਂ ਬੂੜਾ ਰੱਖਿਆ। ਕੁਝ ਚਿਰ ਮਗਰੋਂ ਉਹਨਾਂ ਦੇ ਮਾਪੇ ਪਿੰਡ ਰਮਦਾਸ ਆ ਵੱਸੇ। ਉਹ ਬਾਅਦ ਵਿੱਚ ਮੱਝਾਂ ਦੇ ਵਾਗੀ ਬਣੇ। ਜਦ ਉਹ ਬਾਰਾਂ ਵਰ੍ਹਿਆਂ ਦੇ ਸਨ, ਤਦ ਗੁਰੂ ਨਾਨਕ ਦੇਵ ਜੀ ਰਮਦਾਸ ਪਿੰਡ ਦੇ ਪਾਸ ਆ ਟਿਕੇ। ਬੂੜਾ ਜੀ ਮੱਝਾਂ ਚਾਰਦੇ ਉੱਥੇ ਆ ਗਏ ਅਤੇ ਉਹਨਾਂ ਗੁਰੂ ਜੀ ਦਾ ਉਪਦੇਸ਼ ਸੁਣਿਆ। ਬਾਅਦ ਵਿੱਚ ਉਹ ਰੋਜ਼ ਗੁਰੂ ਜੀ ਕੋਲ ਆਉਂਦੇ ਅਤੇ ਉਹਨਾਂ ਦਾ ਉਪਦੇਸ਼ ਸੁਣਦੇ ਅਤੇ ਉਹਨਾਂ ਵਾਸਤੇ ਦੁੱਧ ਲਿਆ ਕੇ ਭੇਟ ਕਰਦੇ। ਇੱਕ ਦਿਨ ਗੁਰੂ ਜੀ ਨੇ ਬੂੜਾ ਜੀ ਨੂੰ ਉਹਨਾਂ ਬਾਰੇ ਪੁੱਛਿਆ ਅਤੇ ਗੁਰੂ ਜੀ ਨੇ ਬੂੜਾ ਜੀ ਦੇ ਜਬਾਬ ਸੁਣ ਕੇ ਕਿਹਾ ਕਿ ਤੂੰ ਹੈਂ ਤਾਂ ਬੱਚਾ, ਪਰ ਗੱਲਾਂ ਬੁੱਢਿਆਂ ਵਾਲੀਆਂ ਕਰਦਾ ਹੈਂ। ਤੂੰ ਬੱਚਾ ਨਹੀਂ, ਤੂੰ ਬੁੱਢਾ ਹੈਂ।ਉਸ ਦਿਨ ਤੋਂ ਬੂੜਾ ਜੀ ਦਾ ਨਾਂ &= ਬੁੱਢਾ ਜੀ ਪੈ ਗਿਆ।